ਸ਼ੋਭਾ ਯਾਤਰਾ ਦੇ ਸਵਾਗਤ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
THE HIND CANADIAN TIMES EDITORIAL DESK –
AMRITSAR, PUNJAB | November 25, 2026
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਦੇ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਲਈ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਸ਼ੋਭਾ ਯਾਤਰਾਵਾਂ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਰਬਸਾਂਝੀਆਂ ਸਿੱਖਿਆਵਾਂ, ਪਵਿੱਤਰ ਬਾਣੀ ਅਤੇ ਬਰਾਬਰਤਾ, ਪ੍ਰੇਮ ਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਹੈ।
30 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਪਹੁੰਚ ਰਹੀ ਵਿਸ਼ਾਲ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ. ਰਵਿੰਦਰ ਸਿੰਘ ਅਰੋੜਾ ਵੱਲੋਂ ਅੱਜ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐੱਸ.ਡੀ.ਐੱਮ. ਲੋਪੋਕੇ ਸ੍ਰੀ ਮਨਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਅੰਮ੍ਰਿਤਸਰ ਪਹੁੰਚਣ ਵਾਲੀ ਸ਼ੋਭਾ ਯਾਤਰਾ 30 ਨਵੰਬਰ ਸਵੇਰੇ ਜੰਮੂ ਤੋਂ ਸ਼ੁਰੂ ਹੋਵੇਗੀ ਜੋ ਵਾਇਆ ਪਠਾਨਕੋਟ, ਗੁਰਦਾਸਪੁਰ, ਬਟਾਲਾ ਹੁੰਦੀ ਹੋਈ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ 30 ਨਵੰਬਰ ਰਾਤ ਨੂੰ ਰਾਮ ਤੀਰਥ ਵਿਖੇ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਠਹਿਰਾਅ ਕਰੇਗੀ ਅਤੇ 1 ਦਸਬੰਰ ਨੂੰ ਰਾਮ ਤੀਰਥ ਤੋਂ ਚੱਲ ਕੇ ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਰਾਹੀਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ੋਭਾ ਯਾਤਰਾ ਦੇ ਸਵਾਗਤ ਲਈ ਹੁਣ ਤੋਂ ਹੀ ਤਿਆਰੀਆਂ ਅਰੰਭ ਕਰ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਵਾਲੇ ਸਾਰੇ ਮਾਰਗ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪਾਵਰਕਾਮ ਨੂੰ ਰਸਤੇ ਵਿੱਚ ਨੀਵੀਆਂ ਅਤੇ ਢਿੱਲੀਆਂ ਬਿਜਲੀ ਤਾਰਾਂ ਨੂੰ ਠੀਕ ਕਰਨ ਅਤੇ ਰਾਤ ਦੇ ਠਹਿਰਾਅ ਸਮੇਂ ਨਿਰਵਿਘਨ ਬਿਜਲੀ ਸਪਲਾਈ ਦੇ ਹੁਕਮ ਦਿੱਤੇ। ਸਿਹਤ ਵਿਭਾਗ ਨੂੰ ਯੋਭਾ ਯਾਤਰਾ ਨਾਲ ਮੈਡੀਕਲ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਦੇ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨ ਲਈ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਪਹਿਲੀ ਸ਼ੋਭਾ ਯਾਤਰਾ 30 ਨਵੰਬਰ ਨੂੰ ਵਾਰਾਣਸੀ (ਕਾਸ਼ੀ) ਤੋਂ ਸ਼ੁਰੂ ਹੋ ਕੇ ਕਾਨਪੁਰ, ਦਿੱਲੀ, ਅੰਬਾਲਾ, ਮੋਹਾਲੀ ਅਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ। ਦੂਜੀ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਰਵਾਨਾ ਹੋ ਕੇ ਫਿਰੋਜ਼ਪੁਰ, ਮੋਗਾ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ ਅਤੇ ਗੜ੍ਹਸ਼ੰਕਰ ਰਾਹੀਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ। ਤੀਜੀ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋ ਕੇ ਬਰਨਾਲਾ, ਮਾਨਸਾ, ਲਹਿਰਾਗਾਗਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਰਿੰਡਾ ਅਤੇ ਰੂਪਨਗਰ ਰਾਹੀਂ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇਗੀ ਅਤੇ ਚੌਥੀ ਯਾਤਰਾ 30 ਨਵੰਬਰ ਸਵੇਰੇ ਜੰਮੂ ਤੋਂ ਸ਼ੁਰੂ ਹੋ ਕੇ ਵਾਇਆ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਰਾਹੀਂ ਹੁੰਦੀ ਹੋਈ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇਗੀ। ਚਾਰੋਂ ਸ਼ੋਭਾ ਯਾਤਰਾਵਾਂ ਦੇ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚਣ ਉਪਰੰਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾਣਗੇ। 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 6 ਦਸੰਬਰ ਨੂੰ ਭੋਗ ਪਾਏ ਜਾਣਗੇ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved