ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਦਿੱਤੀ ਜਾਵੇਗੀ ਮੁੱਖ ਤਰਜੀਹ - ਹਿਮਾਂਸ਼ੂ ਅਗਰਵਾਲ
The Hind Canadian Times Editorial Desk –
ਲੁਧਿਆਣਾ, 11 ਨਵੰਬਰ – 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਧਿਕਾਰਤ ਤੌਰ ‘ਤੇ ਅਹੁੱਦਾ ਸੰਭਾਲ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਅਸਲ ਲਾਭਪਾਤਰੀਆਂ ਤੱਕ ਜ਼ਮੀਨੀ ਪੱਧਰ ਤੱਕ ਪਹੁੰਚੇ।
ਡਾ. ਅਗਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਕੀ ਸੁਧਾਰ, ਬੁਨਿਆਦੀ ਢਾਂਚੇ ਦਾ ਵਿਕਾਸ, ਸਫ਼ਾਈ ਅਤੇ ਆਵਾਜਾਈ ਪ੍ਰਣਾਲੀ ਵਿੱਚ ਸੁਧਾਰ, ਨੌਜਵਾਨਾਂ ਅਤੇ ਔਰਤਾਂ ਨੂੰ ਸਸ਼ਕਤ ਬਣਾਉਣਾ, ਨਸ਼ਾ ਮੁਕਤੀ, ਸਿੱਖਿਆ ਅਤੇ ਸਿਹਤ ਸੰਭਾਲ ਉਨ੍ਹਾਂ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਹੋਣਗੇ। ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਉਹ ਖੁਦ ਨਿਗਰਾਨੀ ਕਰਨਗੇ ਤਾਂ ਜੋ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੇ ਮੁੱਖ ਮੁੱਦਿਆਂ ਨੂੰ ਸਮਝਣਾ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਵਾਰਨ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਜਨਤਕ ਭਲਾਈ ਲਈ ਰੈੱਡ ਕਰਾਸ ਰਾਹੀਂ ਸਥਾਨਕ ਗੈਰ-ਸਰਕਾਰੀ ਸੰਸਥਾਵਾਂ (ਐਨ ਜੀ.ਓਜ) ਦਾ ਸਹਿਯੋਗ ਵੀ ਲਿਆ ਜਾਵੇਗਾ।
2014 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ, ਜਿਨ੍ਹਾਂ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ 28ਵਾਂ ਰੈਂਕ ਹਾਸਲ ਕੀਤਾ ਸੀ, ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਤੋਂ ਐਮ.ਬੀ.ਬੀ.ਐਸ. ਦੀ ਡਿਗਰੀ ਪ੍ਰਾਪਤ ਕੀਤੀ ਹੈ। ਇਸ ਤੋਂ ਪਹਿਲਾਂ ਉਹ ਜਲੰਧਰ, ਫਾਜ਼ਿਲਕਾ, ਗੁਰਦਾਸਪੁਰ ਅਤੇ ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਵਜੋਂ, ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਜੋਂ, ਅਤੇ ਹੁਸ਼ਿਆਰਪੁਰ ਵਿੱਚ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਪੱਚੀ ਸਾਲ ਪਹਿਲਾਂ, 2001 ਵਿੱਚ, ਉਨ੍ਹਾਂ ਡਿਪਟੀ ਕਮਿਸ਼ਨਰ ਬਣਨ ਦਾ ਸੁਪਨਾ ਦੇਖਿਆ ਸੀ, ਜਦੋਂ ਉਨ੍ਹਾਂ 8ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 97% ਅੰਕਾਂ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਲਾਲ ਬਹਾਦੁਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ (ਐਲ.ਬੀ.ਐਸ.ਐਨ.ਏ.ਏ.) ਮਸੂਰੀ ਤੋਂ ਗੋਲਡ ਮੈਡਲਿਸਟ, ਡਾ. ਅਗਰਵਾਲ ਇੱਕ ਰਾਸ਼ਟਰੀ ਪੁਰਸਕਾਰ ਜੇਤੂ ਹਨ। ਉਨ੍ਹਾਂ ਨੂੰ ਦੋ ਵਾਰ ‘ਸਰਵੋਤਮ ਜ਼ਿਲ੍ਹਾ ਚੋਣ ਅਧਿਕਾਰੀ’ ਵਜੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ ਅਤੇ ਉਹ ‘ਇਨਵੈਸਟ ਪੰਜਾਬ’ ਵੱਲੋਂ ਦਿੱਤੇ ਜਾਣ ਵਾਲੇ ਰਾਜ ਪੁਰਸਕਾਰ ਨਾਲ ਵੀ ਨਿਵਾਜੇ ਗਏ ਹਨ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਸਮੇਂ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਿਤਾ ਸ੍ਰੀ ਸੁਰਿੰਦਰ ਅਗਰਵਾਲ ਅਤੇ ਭੈਣ ਨਿਸ਼ੂ ਅਗਰਵਾਲ ਮੌਜੂਦ ਸਨ। ਡਾ. ਅਗਰਵਾਲ ਦੀ ਪਤਨੀ, ਕੋਮਲ ਮਿੱਤਲ, ਵੀ 2014 ਬੈਚ ਦੀ ਆਈ.ਏ.ਐਸ. ਅਧਿਕਾਰੀ ਹਨ ਅਤੇ ਇਸ ਸਮੇਂ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਹਨ।
ਉਨ੍ਹਾਂ ਦੇ ਪਹੁੰਚਣ ‘ਤੇ, ਵਧੀਕ ਡਿਪਟੀ ਕਮਿਸ਼ਨਰ ਸਵਾਤੀ ਤਿਵਾਣਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਤੇ ਸਟਾਫ਼ ਨੇ ਨਵੇਂ ਡਿਪਟੀ ਕਮਿਸ਼ਨਰ ਦਾ ਨਿੱਘਾ ਸਵਾਗਤ ਕੀਤਾ।ਡਾ. ਅਗਰਵਾਲ ਨੇ ਜ਼ਿਲ੍ਹੇ ਦੀਆਂ ਮਹੱਤਵਪੂਰਨ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਸੰਖੇਪ ਮੀਟਿੰਗ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦਾ ਨਿਰੀਖਣ ਵੀ ਕੀਤਾ।
ਕੰਪਲੈਕਸ ਵਿਖੇ ਪਹੁੰਚਣ ‘ਤੇ, ਲੁਧਿਆਣਾ ਪੁਲਿਸ ਦੀ ਇੱਕ ਟੁਕੜੀ ਨੇ ਡਾ. ਹਿਮਾਂਸ਼ੂ ਅਗਰਵਾਲ ਨੂੰ ‘ਗਾਰਡ ਆਫ਼ ਆਨਰ’ ਪੇਸ਼ ਕਰਕੇ ਸਲਾਮੀ ਦਿੱਤੀ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved