ਨਵੰਬਰ 2027 ਵਿੱਚ ਪਾਕਿਸਤਾਨ ਦੇ ਵੱਖ-ਵੱਖ ਸੂਬਿਆਂ ਵਿੱਚ ਪੰਜਾਬੀ ਕਾਨਫਰੰਸਾਂ ਕਰਵਾਉਣ ਦਾ ਐਲਾਨ
ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਸੱਭਿਆਚਾਰਕ ਸਾਂਝ ਨੂੰ ਸਰਹੱਦਾਂ ਤੋਂ ਪਾਰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲਾ
EDMONTON/LAHORE | November 27, 2026 | BALWINDER BALAM
ਪਾਕਿਸਤਾਨ ਦੇ ਲਾਹੌਰ ਵਿਖੇ ਆਯੋਜਿਤ 8ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੌਰਾਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਵੱਲੋਂ ਡਾ. ਕਥੂਰੀਆ ਦਾ ਸਨਮਾਨ ਕੀਤਾ ਗਿਆ।

ਇਸ ਕਾਨਫਰੰਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਵਿਦਵਾਨਾਂ, ਲੇਖਕਾਂ, ਸਾਹਿਤਕਾਰਾਂ ਅਤੇ ਪੰਜਾਬੀ ਭਾਸ਼ਾ ਦੇ ਪ੍ਰੇਮੀਆਂ ਨੇ ਪੰਜਾਬੀ ਮਾਂ-ਬੋਲੀ ਦੀ ਤਰੱਕੀ, ਸਾਹਿਤਕ ਵਿਰਾਸਤ, ਸੱਭਿਆਚਾਰਕ ਏਕਤਾ ਅਤੇ ਦੋਵਾਂ ਪੰਜਾਬਾਂ ਵਿਚਕਾਰ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ।
ਇਸ ਦੌਰਾਨ ਡਾ. ਦਲਬੀਰ ਸਿੰਘ ਕਥੂਰੀਆ ਨੇ ਆਪਣੇ ਪਾਕਿਸਤਾਨ ਦੌਰੇ ਦੌਰਾਨ ਸਿੱਖ ਧਰਮ ਦੇ ਪਵਿੱਤਰ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਹੋਰਨਾਂ ਸ਼ਹਿਰਾਂ ਅਤੇ ਇਤਿਹਾਸਕ ਸਥਾਨਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਉੱਥੋਂ ਦੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜੇ ਪ੍ਰੇਮੀਆਂ, ਸਾਹਿਤਕਾਰਾਂ ਅਤੇ ਸਮਾਜਿਕ ਸ਼ਖ਼ਸੀਅਤਾਂ ਨਾਲ ਮੁਲਾਕਾਤਾਂ ਕਰਕੇ ਪੰਜਾਬੀ ਮਾਂ-ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਬਾਰੇ ਵਿਚਾਰ-ਵਟਾਂਦਰਾ ਕੀਤਾ।
ਨਵੰਬਰ 2027 ਵਿੱਚ ਪਾਕਿਸਤਾਨ ਦੇ ਵੱਖ-ਵੱਖ ਸੂਬਿਆਂ ਵਿੱਚ ਹੋਣਗੀਆਂ ਪੰਜਾਬੀ ਕਾਨਫਰੰਸਾਂ
ਇਸ ਮੌਕੇ ਡਾ. ਦਲਬੀਰ ਸਿੰਘ ਕਥੂਰੀਆ ਨੇ ਇੱਕ ਅਹਿਮ ਐਲਾਨ ਕਰਦਿਆਂ ਦੱਸਿਆ ਕਿ ਨਵੰਬਰ 2027 ਵਿੱਚ ਪਾਕਿਸਤਾਨ ਦੇ ਵੱਖ-ਵੱਖ ਸੂਬਿਆਂ ਵਿੱਚ ਪੰਜਾਬੀ ਕਾਨਫਰੰਸਾਂ ਕਰਵਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਨ੍ਹਾਂ ਕਾਨਫਰੰਸਾਂ ਦਾ ਆਯੋਜਨ ਉੱਥੋਂ ਦੀਆਂ ਵੱਖ-ਵੱਖ ਸੂਬਾਈ ਸੰਸਥਾਵਾਂ ਅਤੇ ਪੰਜਾਬੀ ਮਾਂ-ਬੋਲੀ ਦੇ ਪ੍ਰੇਮੀਆਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਇੱਕ ਸਾਂਝੇ ਮੰਚ ’ਤੇ ਇਕੱਠਾ ਕਰਨਾ ਹੈ।
ਡਾ. ਕਥੂਰੀਆ ਨੇ ਕਿਹਾ ਕਿ ਪੰਜਾਬੀ ਮਾਂ-ਬੋਲੀ ਦੋਵਾਂ ਪੰਜਾਬਾਂ ਦੀ ਸਾਂਝੀ ਪਛਾਣ ਹੈ। ਇਸ ਭਾਸ਼ਾ ਰਾਹੀਂ ਪਿਆਰ, ਭਾਈਚਾਰੇ, ਮਨੁੱਖਤਾ ਅਤੇ ਅਮਨ-ਸ਼ਾਂਤੀ ਦਾ ਸੰਦੇਸ਼ ਦੁਨੀਆ ਭਰ ਵਿੱਚ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਸਾਹਿਤਕ ਅਤੇ ਸੱਭਿਆਚਾਰਕ ਉਪਰਾਲੇ ਭਾਰਤ ਅਤੇ ਪਾਕਿਸਤਾਨ ਦੇ ਪੰਜਾਬੀ ਪ੍ਰੇਮੀਆਂ ਵਿਚਕਾਰ ਸਾਂਝ ਨੂੰ ਹੋਰ ਗੂੜ੍ਹਾ ਕਰਨਗੇ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved