ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ।
ਸ੍ਰੀ ਨਨਕਾਣਾ ਸਾਹਿਬ ਸਮੇਤ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਹਰ ਸਿੱਖ ਦੀ ਦਿਲੀ ਤਾਂਘ- ਗਿਆਨੀ ਕੁਲਦੀਪ ਸਿੰਘ ਗੜਗੱਜ
THE HIND CANADIAN TIMES EDITORIAL DESK –
AMRITSAR, PUNJAB | November 22, 2026
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਜਥੇ ਨਾਲ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਗਏ ਹਨ ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਸ. ਲਖਬੀਰ ਸਿੰਘ ਚੀਫ਼-85 ਸ਼ਾਮਲ ਹਨ।
ਜਥੇ ਦੀ ਰਵਾਨਗੀ ਦੀ ਅਰਦਾਸ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ, ਜਿਸ ਮਗਰੋਂ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦੀ ਰੋਜ਼ਾਨਾ ਅਰਦਾਸ ਵਿੱਚ ਸ੍ਰੀ ਨਨਕਾਣਾ ਸਾਹਿਬ ਸਮੇਤ ਉਨ੍ਹਾਂ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਸੇਵਾ-ਸੰਭਾਲ ਦੀ ਤਾਂਘ ਸ਼ਾਮਲ ਹੈ, ਜਿਨ੍ਹਾਂ ਤੋਂ ਸਿੱਖ ਕੌਮ ਵਿਛੜੀ ਹੋਈ ਹੈ। ਇਹ ਅਰਦਾਸ ਸਿੱਖ ਸੰਗਤ ਦੇ ਦਿਲਾਂ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਪ੍ਰਤੀ ਅਥਾਹ ਸ਼ਰਧਾ ਅਤੇ ਪਿਆਰ ਦੀ ਗਵਾਹੀ ਭਰਦੀ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੂਰੇ ਖਿੱਤੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦ ਖੁੱਲ੍ਹੇ ਇਹ ਕੌਮ ਦੀ ਅਰਦਾਸ ਹੈ। ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਮੁਹੱਬਤ ਨਾਲ ਜੁੜੀ ਹੋਈ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਪਾਸ ਕੀਤੇ ਗਏ ਮਤੇ ਦਾ ਜਿਕਰ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰਾਂ ਨੂੰ ਜਥਿਆਂ ਦੀ ਗਿਣਤੀ ਵਿੱਚ ਵਾਧਾ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਮੌਜੂਦਾ ਜਥਿਆਂ ਵਿਚ ਵੀ ਸ਼ਰਧਾਲੂਆਂ ਦੇ ਵੀਜ਼ਿਆਂ ਦੀ ਗਿਣਤੀ ਵਧਾਉਣ ਲਈ ਆਖਿਆ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੌਕੇ ਤੇ ਵੀਜੇ ਦੀ ਸਹੂਲਤ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋਂ ਸੰਗਤਾਂ ਆਪਣੀ ਸ਼ਰਧਾ ਨੂੰ ਪੂਰਾ ਕਰ ਸਕਣ।
ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਤੁਰੰਤ ਖੋਲ੍ਹਣ ਲਈ ਆਖਿਆ ਅਤੇ ਗੁਰੂ ਸਾਹਿਬ ਅੱਗੇ ਜਥੇ ਦੀ ਸੁਖਦ ਯਾਤਰਾ, ਤੇ ਸਮੁੱਚੇ ਖਿੱਤੇ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨੀ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖਦਿਆਂ ਪ੍ਰਕ੍ਰਿਆ ਨੂੰ ਸੁਖਾਲੀ ਬਣਾਇਆ ਜਾਵੇ, ਤਾਂ ਜੋ ਹਰ ਸਿੱਖ ਦੇ ਮਨ ਵਿਚ ਤਾਂਘ ਪੂਰੀ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ 1822 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ੇ ਦਿੱਤੇ ਗਏ ਹਨ। ਇਹ ਜਥਾ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਸੇ ਤਰ੍ਹਾਂ ਜਥੇ ਦੇ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਫਾਰੂਕਾਬਾਦ, ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 1 ਦਸੰਬਰ ਨੂੰ ਭਾਰਤ ਵਾਪਸ ਪਰਤਣਗੇ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸਹਾਇਕ ਸੁਪ੍ਰਿੰਟੈਂਡੈਂਟ ਸ. ਪ੍ਰਭਜੋਤ ਸਿੰਘ ਸਮੇਤ ਸੰਗਤਾਂ ਮੌਜੂਦ ਸਨ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved