ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਪਹਿਲ : ਮੰਤਰੀ ਸੌਂਦ
THE HIND CANADIAN TIMES EDITORIAL DESK –
KHANNA | November 20, 2026
ਸੰਤ ਨਾਮਦੇਵ ਸਭਾ (ਰਜਿ.) ਖੰਨਾ ਵੱਲੋਂ ਸ੍ਰੀ ਸੰਤ ਨਾਮਦੇਵ ਜੀ ਮਹਾਰਾਜ ਦਾ 756ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਾਮਦੇਵ ਜੀ, ਲਲਹੇੜੀ ਰੋਡ, ਖੰਨਾ ਵਿਖੇ ਸ਼ਰਧਾ, ਭਗਤੀ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਸੰਤ ਨਾਮਦੇਵ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੰਤ ਨਾਮਦੇਵ ਸਭਾ (ਰਜਿ.) ਖੰਨਾ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਮੰਤਰੀ ਦੇ ਇਸ ਐਲਾਨ ਦਾ ਸਭਾ ਦੇ ਮੈਂਬਰਾਂ ਅਤੇ ਮੌਜੂਦ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਸਮਾਜ ਨੂੰ ਅਧਿਆਤਮਿਕ ਦਿਸ਼ਾ ਦੇਣ ਦੇ ਨਾਲ-ਨਾਲ ਮਨੁੱਖਤਾ, ਆਪਸੀ ਭਾਈਚਾਰੇ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪੰਜਾਬ ਸਰਕਾਰ ਅਜਿਹੀਆਂ ਸੰਸਥਾਵਾਂ ਦੇ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਖਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਦਾ ਕੰਮ ਕਰਦੀਆਂ ਹਨ। ਸੰਤ ਨਾਮਦੇਵ ਜੀ ਮਹਾਰਾਜ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਭਗਤੀ, ਸਮਾਨਤਾ, ਮਨੁੱਖਤਾ ਅਤੇ ਆਪਸੀ ਪਿਆਰ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਵੀ ਓਨਾ ਹੀ ਪ੍ਰਸੰਗਿਕ ਹੈ। ਅਜਿਹੇ ਧਾਰਮਿਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਮਹਾਨ ਅਧਿਆਤਮਿਕ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ।
ਇਸ ਮੌਕੇ ਮੰਤਰੀ ਸੌਂਦ ਦੇ ਨਾਲ ਨਗਰ ਕੌਂਸਲ ਖੰਨਾ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਓਐੱਸਡੀ ਕਰੁਣ ਅਰੋੜਾ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਪੀਏ ਮਹੇਸ਼ ਕੁਮਾਰ, ਟਰੇਡ ਵਿੰਗ ਖੰਨਾ ਦੇ ਚੇਅਰਮੈਨ ਵਿਕਾਸ ਭਾਟੀਆ, ਮੀਡੀਆ ਇੰਚਾਰਜ ਕਰਨ ਵਰਮਾ, ਹਰਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਭਾ ਵੱਲੋਂ ਕਈ ਦਿਨਾਂ ਤੋਂ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਸਨ। 15 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਗਿਆ, ਜਦਕਿ 18 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। 20 ਨਵੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ।
ਸਮਾਗਮ ਦੌਰਾਨ ਰਾਗੀ ਜਥਿਆਂ ਅਤੇ ਧਾਰਮਿਕ ਵਿਦਵਾਨਾਂ ਨੇ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਦਿਆਂ ਸੰਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਦਾ ਸੰਦੇਸ਼ ਦਿੱਤਾ। ਸੰਤ ਨਾਮਦੇਵ ਜੀ ਨੇ ਆਪਣੇ ਜੀਵਨ ਰਾਹੀਂ ਭਗਤੀ, ਸਮਾਨਤਾ, ਮਨੁੱਖਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਲਈ ਪ੍ਰੇਰਨਾ ਸਰੋਤ ਹੈ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਭਾ ਵੱਲੋਂ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਸੰਤ ਨਾਮਦੇਵ ਸਭਾ ਦੇ ਸਰਪ੍ਰਸਤ ਜੀਤ ਸਿੰਘ ਬੇਦੀ, ਸਰਪ੍ਰਸਤ ਵੀ.ਕੇ. ਜਸਲ, ਪ੍ਰਧਾਨ ਕਰਮਜੀਤ ਸਿੰਘ, ਉਪ ਪ੍ਰਧਾਨ ਅਮਰਜੀਤ ਸਿੰਘ ਔਲਖ, ਅਮਲੋਕ ਸਿੰਘ ਬੱਟੂ, ਦਵਿੰਦਰ ਸਿੰਘ ਮੋਹਲ, ਵਿੱਤੀ ਕੰਟਰੋਲਰ ਸੁਰਿੰਦਰ ਸਿੰਘ ਮੋਹਲ, ਕੈਸ਼ੀਅਰ ਖੁਸ਼ਕਰਨ ਸਿੰਘ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਸਕੱਤਰ ਜਰਨੈਲ ਸਿੰਘ ਤੱਗੜ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom© 2026 The Hind Canadian Times. All rights reserved