The Hind Canadian Times

A Multilingual International Magazine

The Hind Canadian Times

A Multilingual International Magazine

26 FebInternational Punjabi Language DayjalandharPunjabi MarchThe Hind Canadian Times

ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ

ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਉਣ ਵਾਲੀ ਪੀੜ੍ਹੀ ਲਈ ਮਾਂ ਬੋਲੀ ਨੂੰ ਸੰਭਾਲ ਕੇ ਰੱਖਣਾ ਸਾਡਾ ਸਭ ਦਾ ਫਰਜ਼ : ਦੀਪਕ ਬਾਲੀ

ਜਲੰਧਰ, 24 ਫਰਵਰੀ (The Hind Canadian Times) :  ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ ਕੱਢਿਆ ਜਾ ਰਿਹਾ ਹੈ।

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪਸਾਰ ਦੇ ਨਾਲ-ਨਾਲ ਨੌਜਵਾਨਾਂ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਸਤਿਕਾਰ, ਪਿਆਰ ਅਤੇ ਜਾਗਰੂਕਤਾ ਪੈਦਾ ਕਰਨਾ ਹੈ।

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਸਮੇਤ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੀ ਮੌਜੂਦ ਸਨ।

ਦੀਪਕ ਬਾਲੀ ਨੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਾਂ ਬੋਲੀ ਤੋਂ ਬਿਨਾਂ ਕਿਸੇ ਵੀ ਵਿਅਕਤੀ ਅਤੇ ਸੱਭਿਆਚਾਰ ਦੀ ਪਛਾਣ ਅਧੂਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਲਈ ਮਾਂ ਬੋਲੀ ਨੂੰ ਸੰਭਾਲ ਕੇ ਰੱਖਣਾ ਸਾਡਾ ਸਭ ਦਾ ਫਰਜ਼ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇਸ ਸਮਾਗਮ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ। 

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮਾਰਚ ਲਾਇਲਪੁਰ ਖਾਲਸਾ ਸਕੂਲ ਤੋਂ ਸ਼ੁਰੂ ਹੋ ਕੇ ਡਾ. ਬੀ. ਆਰ. ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ, ਕੰਪਨੀ ਬਾਗ ਚੌਕ, ਭਗਤ ਨਾਮਦੇਵ ਚੌਕ ਤੋਂ ਹੁੰਦਾ ਹੋਇਆ ਦੇਸ਼ ਭਗਤ ਯਾਦਗਾਰ ਹਾਲ ਨੇੜੇ ਸੱਭਿਆਚਾਰਕ ਸਮਾਗਮ ਨਾਲ ਸਮਾਪਤ ਹੋਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਮਾਰਚ ਦੌਰਾਨ ਵੱਡੀ ਗਿਣਤੀ ਵਿਦਿਆਰਥੀਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਦਿਆਰਥੀਆਂ ਲਈ ਰਿਫ਼ਰੈਸ਼ਮੈਂਟ, ਪੀਣ ਵਾਲੇ ਪਾਣੀ, ਵਿਦਿਆਰਥੀਆਂ ਨੂੰ ਲਿਆਉਣ-ਲਿਜਾਣ ਲਈ ਵਾਹਨ, ਐਂਬੂਲੈਂਸ, ਮੈਡੀਕਲ ਟੀਮਾਂ, ਮਾਰਚ ਦੇ ਰੂਟ ‘ਤੇ ਸਾਫ਼-ਸਫਾਈ, ਸੁਰੱਖਿਆ, ਸੁਚਾਰੂ ਟ੍ਰੈਫਿਕ ਵਿਵਸਥਾ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। 

ਇਸ ਮੌਕੇ ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਜਾਬ ਜਾਗ੍ਰਿਤੀ ਮੰਚ ਦੇ ਅਹੁਦੇਦਾਰ ਅਤੇ ਸਕੂਲਾਂ ਤੇ ਕਾਲਜਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

Leave a Reply

Your email address will not be published. Required fields are marked *